The Summer News
×
Tuesday, 30 April 2024

ਅਪ੍ਰੈਲ ਮਹੀਨੇ ’ਚ 1148 ਕੋਵਿਡ ਮਰੀਜ਼ ਠੀਕ ਹੋਏ : ਸਿਵਲ ਸਰਜਨ

ਐਸ.ਏ.ਐਸ ਨਗਰ, 9 ਮਈ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਕੋਵਿਡ ਦੀ ਰੋਕਥਾਮ ਲਈ ਵੱਡੇ ਪੱਧਰ ’ਤੇ ਯਤਨ ਜਾਰੀ ਹਨ। ਜਿਥੇ ਕੋਵਿਡ ਟੈਸਟਿੰਗ ਤੇਜ਼ ਕਰ ਦਿਤੀ ਗਈ ਹੈ, ਉਥੇ ਵਧੀਆ ਨਿਗਰਾਨੀ ਅਤੇ ਇਲਾਜ ਪ੍ਰਬੰਧਾਂ ਸਦਕਾ ਕੋਵਿਡ ਮਰੀਜ਼ ਜਲਦੀ ਸਿਹਤਯਾਬ ਹੋ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰੁਪਿੰਦਰ ਗਿੱਲ ਅਤੇ ਕੋਵਿਡ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਬੀਤੇ ਅਪ੍ਰੈਲ ਮਹੀਨੇ ਦਾ ਵੇਰਵਾ ਸਾਂਝਾ ਕੀਤਾ।


ਉਨ੍ਹਾਂ ਦਸਿਆ ਕਿ ਇਸ ਸਮੇਂ ਦੌਰਾਨ ਜ਼ਿਲ੍ਹੇ ਵਿਚ ਕੋਵਿਡ ਦੇ 1376 ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 1148 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਬਾਕੀ ਇਕਾਂਤਵਾਸ ਵਿਚ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਕਾਂਤਵਾਸ ਵਾਲੇ ਮਰੀਜ਼ਾਂ ਦੇ ਵੀ ਛੇਤੀ ਹੀ ਠੀਕ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੋਵਿਡ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਕਾਫ਼ੀ ਹੈ। ਅਧਿਕਾਰੀਆਂ ਨੇ ਦਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ ਟੈਸਟਿੰਗ ਦਾ ਕੰਮ ਪਹਿਲਾਂ ਹੀ ਤੇਜ਼ ਕਰ ਦਿਤਾ ਗਿਆ ਹੈ। ਇਸ ਸਮੇਂ ਦੌਰਾਨ 11647 ਕੋਵਿਡ ਟੈਸਟ ਕੀਤੇ ਗਏ ਅਤੇ 2 ਮਰੀਜ਼ਾਂ ਦੀ ਮੌਤ ਵੀ ਹੋਈ ਹੈ।


ਸਿਵਲ ਸਰਜਨ ਨੇ ਆਖਿਆ ਕਿ ਇਸ ਬੀਮਾਰੀ ਦਾ ਫੈਲਾਅ ਰੋਕਣ ਲਈ ਲੋਕਾਂ ਦਾ ਸਹਿਯੋਗ ਅਤਿਅੰਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਮਾਸਕ ਪਾਇਆ ਜਾਵੇ ਅਤੇ ਵਾਰ-ਵਾਰ ਹੱਥ ਧੋਣ ਜਿਹੀਆਂ ਜ਼ਰੂਰੀ ਸਾਵਧਾਨੀਆਂ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਡਾਕਟਰ ਦੀ ਸਲਾਹ ਲਈ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਬੀਮਾਰੀ ’ਤੇ ਹਮੇਸ਼ਾ ਲਈ ਕਾਬੂ ਪਾਇਆ ਜਾ ਸਕਦਾ ਹੈ, ਇਸ ਲਈ ਲੋਕਾਂ ਨੂੰ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਇਸ ਮੌਕੇ ਕੋਵਿਡ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਵੀ ਮੌਜੂਦ ਸਨ।

Story You May Like