The Summer News
×
Sunday, 12 May 2024

ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਕੀਤਾ ਜਾ ਚੁੱਕਾ ਹੈ 70,700 ਪਸ਼ੂਆਂ ਦਾ ਟੀਕਾਕਰਨ

ਸ੍ਰੀ ਮੁਕਤਸਰ ਸਾਹਿਬ, 15 ਮਾਰਚ- ਪਸ਼ੂ ਪਾਲਣ ਵਿਭਾਗ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 20 ਦਿਨਾਂ ਵਿੱਚ 70,700 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਗੁਰਦਿੱਤ ਸਿੰਘ ਔਲਖ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਪੰਜਾਬ ਅਤੇ ਸ਼੍ਰੀ ਵਿਕਾਸ ਪ੍ਰਤਾਪ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਤੇਲੰਗਾਨਾ ਸਟੇਟ ਵੈਟਨਰੀ ਬਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਹਨ।


ਉਹਨਾਂ ਕਿਹਾ ਕਿ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਘਰ-ਘਰ ਅੰਦਰ ਜਾ ਕੇ ਗੋਕਿਆਂ ਦਾ ਟੀਕਾਕਰਨ ਕਰਨ ਲਈ ਜ਼ਿਲੇ ਵਿੱਚ 34 ਟੀਮਾਂ ਦਾ ਗਠਨ ਕੀਤਾ ਗਿਆ ਹੈ। ਡਾ. ਗੁਰਦਿੱਤ ਸਿੰਘ ਔਲਖ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਸ੍ਰੀ ਮੁਕਤਸਰ ਸਾਹਿਬ  ਨੇ ਕਿਹਾ ਕਿ ਇਸ ਟੀਕਾਕਰਨ ਮੁਹਿੰਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਗੋਟ ਪੋਕਸ ਵੈਕਸੀਨ ਦੀਆਂ 80,400 ਖੁਰਾਕਾਂ ਭੇਜੀਆ ਗਈਆਂ ਹਨ।


ਉਹਨਾਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿਚ ਘਰ-ਘਰ ਜਾ ਕੇ ਗਾਵਾਂ ਦਾ ਟੀਕਾਕਰਨ ਬਿਲਕੁੱਲ ਮੁਫਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜ਼ਿਲੇ ਦੀਆਂ ਸਾਰੀਆਂ ਗਊਸ਼ਾਲਾਵਾਂ ਵਿਚਲੇ ਸਾਰੇ ਗਊਵੰਸ਼ ਦਾ ਟੀਕਾਕਰਨ ਵੀ ਬਿਲਕੁੱਲ ਮੁਫਤ ਕੀਤਾ ਜਾ ਰਿਹਾ ਹੈ। ਡਾ. ਗੁਰਦਿੱਤ ਸਿੰਘ ਔਲਖ ਨੇ ਜ਼ਿਲੇ ਦੇ ਸਮੁੱਚੇ ਸਟਾਫ ਨੂੰ ਗਊਵੰਸ਼ ਦੇ 100 ਫੀਸਦੀ ਟੀਕਾਕਰਨ ਨੂੰ ਮਿੱਥੇ ਸਮੇਂ ਵਿੱਚ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਜਾਰੀ ਕੀਤੀ।


ਉਹਨਾਂ ਨੇ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆ ਕਿਹਾ ਕਿ ਇਸ ਟੀਕਾਕਰਨ ਦਾ ਪਸ਼ੂਆਂ ਉੱਪਰ ਕੋਈ ਦੁਰਪ੍ਰਭਾਵ ਨਹੀਂ ਪੈਂਦਾ ਸਗੋਂ ਗੋਕਿਆਂ ਨੂੰ ਅਗਾਊ ਟੀਕਾਕਰਨ ਕਰਵਾਉਣ ਨਾਲ ਇਸ ਬੀਮਾਰੀ ਨਾਲ ਹੋਣ ਵਾਲੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।

Story You May Like