The Summer News
×
Sunday, 19 May 2024

ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਰਾਹੀਂ ਪ੍ਰਿੰਟ, ਇਲੈੱਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ਅਤੇ ਪੇਡ ਖ਼ਬਰਾਂ 'ਤੇ ਲਗਾਤਾਰ ਰੱਖੀ ਜਾ ਰਹੀ ਹੈ ਨਜ਼ਰ

ਬਟਾਲਾ, 24 ਮਾਰਚ- ਸ੍ਰੀ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਕਾਰਜਸ਼ੀਲ ਹੋ ਗਈ ਹੈ, ਜਿਸ ਵੱਲੋਂ ਚੋਣ ਜ਼ਾਬਤੇ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ  ਇਸ਼ਤਿਹਾਰਬਾਜ਼ੀ, ਪੇਡ ਖ਼ਬਰਾਂ/ਸ਼ੱਕੀ ਪੇਡ ਖ਼ਬਰਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

 

ਉਨ੍ਹਾਂ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦਾ ਸੈੱਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਏ ਦੇ ਕਮਰਾ ਨੰਬਰ 314, ਦੂਸਰੀ ਮੰਜ਼ਿਲ ਵਿਖੇ ਸਥਾਪਤ ਕੀਤਾ ਗਿਆ ਹੈ ਜਿੱਥੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਵਿਚ ਨਸ਼ਰ ਹੋਣ ਵਾਲੀਆਂ ਖ਼ਬਰਾਂ ਦੀ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਪ੍ਰਚਾਰ ਸਮਗਰੀ ਦੇ ਕੰਟੈਂਟ ਦੀ ਪ੍ਰੀ-ਸਰਟੀਫਿਕੇਸ਼ਨ ਵੀ ਐੱਮ.ਸੀ.ਐੱਮ.ਸੀ. ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੇਡ ਨਿਊਜ਼ ਤੇ ਸ਼ੱਕੀ ਪੇਡ ਨਿਊਜ਼ ਦੇ ਮਾਮਲੇ ਵੀ ਇਸ ਕਮੇਟੀ ਵੱਲੋਂ ਵਿਚਾਰੇ ਜਾਣਗੇ। 

 

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਹਰ ਉਮੀਦਵਾਰ ਵੱਲੋਂ ਮੀਡੀਆ ਵਿੱਚ ਕੀਤੇ ਜਾ ਰਹੇ ਖ਼ਰਚ ਦਾ ਹਿਸਾਬ ਰੱਖਿਆ ਜਾਵੇਗਾ ਅਤੇ ਇਸ ਦੀ ਰੋਜ਼ਾਨਾ ਰਿਪੋਰਟ ਖ਼ਰਚਾ ਸੈੱਲ ਨੂੰ ਭੇਜੀ ਜਾਵੇਗੀ।

Story You May Like