The Summer News
×
Friday, 26 April 2024

ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਮੁਹਿੰਮ ਸ਼ੁਰੂ

 ਜਲੰਧਰ : ਵੋਟਰ ਸੂਚੀ ਵਿੱਚ ਦਰਜ ਵੋਟਰਾਂ ਦੀ ਪ੍ਰਮਾਣਿਕਤਾ ਜਾਂ ਕਿਸੇ ਵੀ ਵਿਅਕਤੀ ਦੀ ਦੋ ਥਾਵਾਂ ’ਤੇ ਵੋਟ ਨਾ ਬਣਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਵਿੱਚ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਵੋਟਰ ਸੂਚੀ ਨੂੰ ਹੋਰ ਸ਼ੁੱਧ ਤੇ ਪਾਰਦਰਸ਼ੀ ਬਣਾਇਆ ਜਾ ਸਕੇ ।


ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸਿਆਸੀ ਪਾਰਟੀਆਂ ਤੇ ਐਨ.ਜੀ.ਓਜ਼ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ/ਹਲਕਾ ਪੱਧਰੀ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਇਹ ਮੁਹਿੰਮ 31 ਮਾਰਚ 2023 ਤੱਕ ਚੱਲੇਗੀ, ਜਿਸ ਤਹਿਤ ਜ਼ਿਲ੍ਹੇ ਵਿੱਚ 1 ਤੋਂ 14 ਅਗਸਤ ਤੱਕ ਸਭ ਤੋਂ ਵੱਧ ਵੋਟਰ ਕਾਰਡ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਵਾਲੇ 5 ਬੀ.ਐਲ.ਓਜ਼ ਨੂੰ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨਿਸਟਰੀ ਆਫ਼ ਲਾਅ ਐਂਡ ਜਸਟਿਸ, ਭਾਰਤ ਸਰਕਾਰ ਵੱਲੋਂ ਚੋਣ ਐਕਟ ਅਤੇ ਨਿਯਮਾਂ ਵਿੱਚ ਕੀਤੀ ਗਈ ਸੋਧ ਅਨੁਸਾਰ ਚੋਣ ਰਜਿਸਟ੍ਰੇਸ਼ਨ ਨਾਲ ਸਬੰਧਤ ਫਾਰਮ 6,7,8 ਵਿੱਚ ਸੋਧ ਕੀਤੀ ਗਈ ਹੈ ਅਤੇ ਵੋਟਰ ਕਾਰਡ ਨਾਲ ਆਧਾਰ ਕਾਰਡ ਲਿੰਕ ਕਰਨ ਲਈ ਨਵਾਂ ਫਾਰਮ 6-ਬੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਕੋਈ ਵੀ ਵਿਅਕਤੀ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰ ਸਕਦਾ ਹੈ, ਜਿਸ ਦੇ ਲਈ ਨਵੇਂ ਵੋਟਰ ਆਪਣੇ ਰਜਿਸਟ੍ਰੇਸ਼ਨ ਸਮੇਂ ਫਾਰਮ 6 ਵਿੱਚ ਆਪਣਾ ਆਧਾਰ ਨੰਬਰ ਭਰ ਸਕਦੇ ਹਨ ਜਦਕਿ ਪਹਿਲਾਂ ਤੋਂ ਰਜਿਸਟਰਡ ਵੋਟਰ ਆਪਣਾ ਆਧਾਰ ਲਿੰਕ ਕਰਨ ਲਈ ਫਾਰਮ 6-ਬੀ ਭਰ ਸਕਦੇ ਹਨ।

ਜਸਪ੍ਰੀਤ ਸਿੰਘ ਨੇ ਇਹ ਵੀ ਸਪਸ਼ਟ ਕੀਤਾ ਕਿ ਆਧਾਰ ਕਾਰਡ ਦੀ ਜਾਣਕਾਰੀ ਸਾਂਝੀ ਕਰਨਾ ਵੋਟਰ ਦੀ ਸਵੈ-ਇੱਛਾ ’ਤੇ ਨਿਰਭਰ ਹੈ।


ਜੇਕਰ ਕਿਸੇ ਵੋਟਰ ਕੋਲ ਆਧਾਰ ਕਾਰਡ ਨਹੀਂ ਹੈ ਤਾਂ ਉਹ ਫਾਰਮ-6 ਬੀ ਵਿੱਚ ਅੰਕਿਤ ਦਸਤਾਵੇਜ਼ਾਂ ਵਿੱਚੋਂ ਇਕ ਸਵੈ ਤਸਦੀਕੀ ਦਸਤਾਵੇਜ਼ ਆਪਣੀ ਵੋਟ ਦੀ ਪ੍ਰਮਾਣਿਕਤਾ ਲਈ ਜਮ੍ਹਾ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਬਿਨੈਕਾਰ ਵੱਲੋਂ ਭਰੇ ਗਏ ਫਾਰਮ 6 ਵਿੱਚ ਆਧਾਰ ਨੰਬਰ ਦੀ ਜਾਣਕਾਰੀ ਸਾਂਝੀ ਨਾ ਕਰਨ ’ਤੇ ਉਸ ਦੀ ਅਰਜ਼ੀ ਨਾ ਤਾਂ ਰੱਦ ਕੀਤੀ ਜਾ ਸਕਦੀ ਹੈ ਅਤੇ ਨਾ ਹੀ ਵੋਟਰ ਸੂਚੀ ਵਿੱਚੋਂ ਨਾਮ ਕੱਟਿਆ ਜਾ ਸਕਦਾ ਹੈ।


ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕਮਿਸ਼ਨ ਵੱਲੋਂ ਵੋਟਰ ਸੂਚੀ ਵਿੱਚ ਦਰਜ ਸੌ ਫੀਸਦੀ ਵੋਟਰਾਂ ਦੇ ਵੋਟਰ ਕਾਰਡ ਆਧਾਰ ਕਾਰਡ ਨਾਲ ਜੋੜਨ ਦਾ ਟੀਚਾ ਮਿਥਿਆ ਗਿਆ ਹੈ, ਜਿਸ ਦੇ ਤਹਿਤ 4 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਬੀ.ਐਲ.ਓਜ਼ ਵੱਲੋਂ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿਸ ਦੌਰਾਨ ਵੋਟਰਾਂ ਪਾਸੋਂ ਫਾਰਮ-6ਬੀ ਦਸਤੀ ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਵੋਟਰ ਕਾਰਡ ਨੂੰ ਘਰ ਬੈਠੇ ਆਧਾਰ ਨਾਲ ਲਿੰਕ ਕੀਤਾ ਜਾ ਸਕਦਾ ਹੈ, ਜਿਸ ਦੇ ਲਈ ਐਨ.ਵੀ.ਐਸ.ਪੀ. (NVSP) ਜਾਂ ਵੋਟਰ ਹੈਲਪਲਾਈਨ ਐਪ ’ਤੇ ਆਨਲਾਈਨ ਫਾਰਮ 6-ਬੀ ਉਪਲਬਧ ਹੈ। ਦਸਤੀ ਫਾਰਮ ਦੇਣ ਲਈ ਬੀ.ਐਲ.ਓਜ਼, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਪਹੁੰਚ ਵੀ ਕੀਤੀ ਜਾ ਸਕਦੀ ਹੈ।


ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਮੁਹਿੰਮ/ਕੈਂਪ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਅਤੇ ਸਵੀਪ ਗਤੀਵਿਧੀਆਂ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਵੱਧ ਤੋਂ ਵੱਧ ਵੋਟਰ ਮੁਹਿੰਮ ਨਾਲ ਜੁੜ ਕੇ ਕੈਂਪ ਵਿੱਚ ਭਾਗ ਲੈ ਸਕਣ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਕਿਹਾ ਅਤੇ ਜ਼ਿਲ੍ਹੇ ਦੇ 16,71,726 ਵੋਟਰਾਂ ਨੂੰ ਇਸ ਮੁਹਿੰਮ ਵਿੱਚ ਵਧ-ਚੜ੍ਹ ਦੇ ਭਾਗ ਲੈਣ ਦੀ ਅਪੀਲ ਕੀਤੀ।


ਇਸ ਮੌਕੇ ਏ.ਸੀ.ਏ. ਜੇ.ਡੀ.ਏ. ਜਸਬੀਰ ਸਿੰਘ, ਐਸ.ਡੀ.ਐਮਜ਼. ਜੈ ਇੰਦਰ ਸਿੰਘ, ਬਲਬੀਰ ਰਾਜ ਸਿੰਘ, ਲਾਲ ਵਿਸ਼ਵਾਸ ਅਤੇ ਰਣਦੀਪ ਸਿੰਘ ਹੀਰ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਤੇ ਐਨ.ਜੀ.ਓਜ਼ ਦੇ ਨੁਮਾਇੰਦੇ ਅਤੇ ਜ਼ਿਲ੍ਹਾ/ਹਲਕਾ ਪੱਧਰੀ ਸਵੀਪ ਨੋਡਲ ਅਫ਼ਸਰ ਮੌਜੂਦ ਸਨ।


Story You May Like