The Summer News
×
Tuesday, 21 May 2024

ਜਿੰਪਾ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਸਾਰੀਆਂ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫਤਰ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ ਵਿਭਾਗ ਦੀਆਂ ਸਾਰੀਆਂ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਇੰਨ੍ਹਾਂ ਮੁਲਾਜ਼ਮਾਂ ਵੱਲੋਂ ਵਿਭਾਗ ਦੇ ਮੁੱਖ ਦਫਤਰ ਅਤੇ ਸਾਰੇ ਸਟਾਫ ਨੂੰ ਪਟਿਆਲਾ ਤੋਂ  ਐਸ.ਏ.ਐਸ ਨਗਰ ਵਿਖੇ ਤਬਦੀਲ ਕਰਨ ਦੇ ਜਾਹਿਰ ਕੀਤੇ ਗਏ ਖਦਸ਼ੇ ਨੂੰ ਵੀ ਜਿੰਪਾ ਨੇ ਮੁੱਢੋਂ ਰੱਦ ਕੀਤਾ।

ਇਥੇ ਪੰਜਾਬ ਭਵਨ ਵਿਖੇ ਹੋਈ ਇਸ਼ ਮੀਟਿੰਗ ਦੌਰਾਨ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਦਫਤਰ ਵਿਖੇ ਤੈਨਾਤ ਮੁਲਾਜ਼ਮਾਂ ਨੂੰ ਆਪਣੀ ਕਾਰਗੁਜ਼ਾਰੀ ਵਿੱਚ ਵੀ ਤੇਜੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੇ ਲੋਕਾਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਨੂੰ ਮੁਕੰਮਲ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵਿਭਾਗ ਦੇ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਮੁਲਾਜਮ ਆਪਣੇ ਕਿਸੇ ਵੀ ਮਸਲੇ ਦੇ ਹੱਲ ਲਈ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ। ਉਨ੍ਹਾਂ ਇਸ ਗੱਲ ਦਾ ਸਖਤ ਨੋਟਿਸ ਲਿਆ ਕਿ ਤਰਸ ਦੇ ਆਧਾਰ 'ਤੇ ਨੌਕਰੀਆਂ ਦੇ 95 ਕੇਸ ਮੁੱਖ ਦਫ਼ਤਰ ਵਿਖੇ ਲੰਬੇ ਸਮੇਂ ਤੋਂ ਲਟਕ ਰਹੇ ਹਨ ਅਤੇ ਇਸ ਤੋਂ ਇਲਾਵਾ ‘ਸੀ’ ਅਤੇ ‘ਡੀ’ ਸ਼੍ਰੇਣੀਆਂ ਦੇ ਕਰਮਚਾਰੀਆਂ ਦੀਆਂ ਤਰੱਕੀਆਂ ਨਾਲ ਸਬੰਧਤ ਕੇਸ ਵੀ ਬਕਾਇਆ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮੁੱਖ ਦਫਤਰ ਦੇ ਮੁਲਾਜ਼ਮਾਂ ਨੂੰ ਅਜਿਹੇ ਸਾਰੇ ਮਾਮਲਿਆਂ ਵਿੱਚ ਵੀ ਤੇਜੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਮੁੱਖ ਦਫਤਰ ਦੇ ਮੁਲਾਜ਼ਮਾਂ ਦੇ ਇਸ ਖਦਸ਼ੇ ਨੂੰ ਕਿ ਮੁੱਖ ਦਫਤਰ ਅਤੇ ਸਾਰੇ ਸਟਾਫ ਨੂੰ ਪਟਿਆਲਾ ਤੋਂ ਐਸ.ਏ.ਐਸ ਨਗਰ ਵਿਖੇ ਤਬਦੀਲ ਕੀਤਾ ਜਾ ਰਿਹਾ ਹੈ, ਨੂੰ ਰੱਦ ਕਰਦਿਆਂ ਜਿੰਪਾ ਨੇ ਕਿਹਾ ਕਿ ਮੁਹਾਲੀ ਵਿਖੇ ਜਲ ਭਵਨ ਦੀ ਬਨਾਉਣ ਦੀ ਤਜਵੀਜ਼ ਹੈ ਜਿੱਥੇ ਵਿਭਾਗ ਦੇ ਮੁਖੀ ਦੇ ਫੇਸ 2 ਵਿਖੇ ਸਥਿਤ ਦਫਤਰ ਨੂੰ ਤਬਦੀਲ ਕੀਤਾ ਜਾਣਾ ਹੈ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਾਨਫਰੰਸ ਹਾਲ ਬਨਾਉਣ ਅਤੇ ਵਿਭਾਗ ਦੀਆਂ ਕਾਰਗੁਜ਼ਾਰੀਆਂ ਦੀ ਪੇਸ਼ਕਾਰੀ ਕੀਤੇ ਜਾਣ ਦੇ ਨਾਲ-ਨਾਲ ਵਿਭਾਗ ਨਾਲ ਸਬੰਧਤ ਕਾਰਜ ਵਾਸਤੇ  ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਆਉਣ ਵਾਲੀਆਂ ਹਸਤੀਆਂ ਨਾਲ ਮੀਟਿੰਗ ਅਤੇ ਅਜਿਹੀਆਂ ਹੋਰ ਲੋੜਾਂ ਪੂਰੀਆਂ ਕਰਨ ਲਈ ਪ੍ਰਬੰਧ ਕੀਤਾ ਜਾਵੇਗਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾਰੀ ਅਤੇ ਵਿਸ਼ੇਸ਼ ਸਕੱਤਰ ਜਨਾਬ ਮੁਹੰਮਦ ਇਸ਼ਫਾਕ ਵੀ ਹਾਜ਼ਰ ਸਨ।

Story You May Like