The Summer News
×
Tuesday, 21 May 2024

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤ ਦਿਵਸ ਮਨਾਇਆ

ਪਟਿਆਲਾ, 12 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਆਲੋਵਾਲ ਵਿਖੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਖੇਤ ਦਿਵਸ -ਕਮ- ਸਿਖਲਾਈ ਕੈਂਪ ਦਾ ਲਗਾਇਆ ਗਿਆ। ਇਸ ਖੇਤ ਦਿਵਸ ਵਿਚ ਤਕਰੀਬਨ 100 ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਬੋਲਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇ ਆਏ ਹੋਏ ਕਿਸਾਨਾਂ ਨੂੰ ਕੇ.ਵੀ.ਕੇ. ਦੀਆਂ ਗਤੀਵਿਧੀਆਂ, ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਪੌਸ਼ਟਿਕ ਖੁਰਾਕੀ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਐਗਰੋ ਪ੍ਰੋਸੈਸਿੰਗ ਯੂਨਿਟਾਂ ਦੀ ਸਥਾਪਨਾ ਬਾਰੇ ਜਾਣਕਾਰੀ ਸਾਂਝੀ ਕੀਤੀ। 



ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਅਤੇ ਪਰਾਲੀ ਦੀ ਸੁਚੱਜੀ ਵਰਤੋਂ ਬਾਰੇ ਦੱਸਿਆ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਅਤੇ ਮਿੱਟੀ ਵਿਚਲੇ ਖੁਰਾਕੀ ਤੱਤ ਨਸ਼ਟ ਹੋਣ ਬਾਰੇ ਜਾਗਰੂਕ ਕੀਤਾ। ਡਾ. ਗੁਰਪ੍ਰੀਤ ਸਿੰਘ ਸਿੱਧੂ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਆ।
ਇਸ ਮੌਕੇ ਪਿੰਡ ਆਲੋਵਾਲ ਅਤੇ ਨੇੜਲੇ ਪਿੰਡਾਂ ਤੋਂ ਆਏ ਉੱਦਮੀ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਸਰਫੇਸ ਸੀਡਰ ਤਕਨੀਕ ਬਾਰੇ ਵਿਚਾਰ-ਵਟਾਂਦਰਾ ਕੀਤਾ। ਅਗਾਂਹਵਧੂ ਕਿਸਾਨ ਸ਼ਮਸ਼ੇਰ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਦਾ ਇਸ ਪਿੰਡ ਵਿਖੇ ਖੇਤੀਬਾੜੀ ਦਾ ਕੈਂਪ ਲਾਉਣ ਦਾ ਧੰਨਵਾਦ ਕੀਤਾ। ਜਰਨੈਲ ਸਿੰਘ, ਅਗਾਂਹਵਧੂ ਕਿਸਾਨ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਨੂੰ ਬੇਨਤੀ ਕੀਤੀ ਕਿ ਇਸ ਤਰ੍ਹਾਂ ਦੇ ਖੇਤੀਬਾੜੀ ਵਾਲੇ ਪ੍ਰੋਗਰਾਮ ਇਸ ਪਿੰਡ ਵਿਚ ਵਾਰ-ਵਾਰ ਲਗਾਏ ਜਾਣ ਤਾਂ ਜੋ ਕਿਸਾਨਾਂ ਨੂੰ ਲਾਹੇਵੰਦ ਜਾਣਕਾਰੀ ਮਿਲ ਸਕੇ। ਇਸ ਮੌਕੇ ਕਿਸਾਨਾਂ ਨੂੰ ਖੇਤੀ ਸਾਹਿਤ ਅਤੇ ਸਬਜ਼ੀਆਂ ਦੀਆਂ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ। ਅੰਤ ਵਿਚ ਡਾ. ਰਚਨਾ ਸਿੰਗਲਾ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।


 

Story You May Like