The Summer News
×
Saturday, 18 May 2024

ਅਮਨ ਅਰੋੜਾ ਵੱਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਸਰਕਾਰ ਤੇ ਜਨਤਾ ਦਰਮਿਆਨ ਮਜ਼ਬੂਤ ਕੜੀ ਵਜੋਂ ਕੰਮ ਕਰਨ ਦੀ ਹਦਾਇਤ

ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਪ੍ਰਚਾਰ ਕਰਨ ਦੇ ਨਾਲ-ਨਾਲ ਸਰਕਾਰ ਅਤੇ ਜਨਤਾ ਦਰਮਿਆਨ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਨ।


ਇੱਥੇ ਹੈੱਡਕੁਆਰਟਰ ‘ਤੇ ਤਾਇਨਾਤ ਪੀ.ਆਰ.ਓਜ਼ ਅਤੇ ਏ.ਪੀ.ਆਰ.ਓਜ਼ ਨਾਲ ਪੰਜਾਬ ਭਵਨ ਵਿਖੇ ਆਪਣੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ ਅਤੇ ਉਪਰਾਲਿਆਂ ਦੀ ਜਾਣਕਾਰੀ ਸਮੇਂ ਸਿਰ ਲੋਕਾਂ ਤੱਕ ਪਹੁੰਚਾਈ ਜਾਵੇ। ਉਨ੍ਹਾਂ ਨੇ ਫੀਡਬੈਕ ਵਿਧੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਦੋ ਹਫ਼ਤਿਆਂ ਬਾਅਦ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਦਾ ਵੀ ਫ਼ੈਸਲਾ ਕੀਤਾ।


ਪੀ.ਆਰ.ਓਜ਼/ਏ.ਪੀ.ਆਰ.ਓਜ਼ ਨੂੰ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਜਾਂ ਹੋਰ ਮੰਤਰੀਆਂ ਵੱਲੋਂ ਕੀਤੇ ਜਾਂਦੇ ਸਾਰੇ ਐਲਾਨਾਂ, ਭਲਾਈ ਸਕੀਮਾਂ ਅਤੇ ਹੋਰ ਸਰਕਾਰੀ ਹੁਕਮਾਂ ਨੂੰ ਜਲਦ ਤੋਂ ਜਲਦ ਸਰਕਾਰ ਦੇ ਸੋਸ਼ਲ ਮੀਡੀਆ ਹੈਂਡਲ ‘ਤੇ ਪੋਸਟ ਕੀਤਾ ਜਾਵੇ ਤਾਂ ਜੋ ਜਾਣਕਾਰੀ ਸਮੇਂ ਸਿਰ ਲੋਕਾਂ ਤੱਕ ਪਹੁੰਚ ਸਕੇ।


ਸੂਚਨਾ ਦੇ ਪ੍ਰਸਾਰ ਦੀ ਨਵੀਨਤਮ ਤਕਨਾਲੋਜੀ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਉਣ ‘ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕ ਸੰਪਰਕ ਵਿਭਾਗ ਨੂੰ ਲੋਕ ਭਲਾਈ ਸਕੀਮਾਂ ਅਤੇ ਸਰਕਾਰੀ ਹੁਕਮਾਂ ਬਾਰੇ ਸੂਬੇ ਦੇ ਦੂਰ-ਦਰਾਜ ਦੇ ਇਲਾਕਿਆਂ ਤੱਕ ਜਾਣਕਾਰੀ ਫੈਲਾਉਣ ਲਈ ਸਥਾਨਕ ਪੱਧਰ ‘ਤੇ ਵੀ ਬੁਨਿਆਦੀ ਢਾਂਚਾ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ।


ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕਿ੍ਪਾਲ ਸਿੰਘ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸਰਕਾਰ ਦੀਆਂ ਪ੍ਰਾਪਤੀਆਂ ਦੀ ਸੋਸ਼ਲ ਮੀਡੀਆ ਕਵਰੇਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਰਕਾਰੀ ਐਲਾਨਾਂ, ਹੁਕਮਾਂ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


ਮੀਟਿੰਗ ਵਿੱਚ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸ੍ਰੀਮਤੀ ਸੋਨਾਲੀ ਗਿਰਿ, ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਅਤੇ ਵਧੀਕ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਗੜ੍ਹਾ, ਡਿਪਟੀ ਡਾਇਰੈਕਟਰ ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ, ਸ੍ਰੀ ਮਨਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।


DPRO Punjab 


Story You May Like