The Summer News
×
Tuesday, 21 May 2024

9 ਸਤੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੇਗੀ ਕੌਮੀ ਲੋਕ ਅਦਾਲਤ,ਪੜੋ ਖਬਰ

ਬਟਾਲਾ, 17 ਜੁਲਾਈ : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 9 ਸਤੰਬਰ 2023 ਨੂੰ ਲਗਾਈ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ 138 ਐੱਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐੱਮ.ਏ.ਸੀ.ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ।


ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿੱਚ ਜਾਂ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਦੇ ਕਮਰਾ ਨੰਬਰ 102 ਵਿਖੇ ਦੇ ਸਕਦਾ ਹੈ। ਉਨਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ।


ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੁੰਦੀ ਹੈ, ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ-ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ। ਜੇਕਰ ਲੋਕ ਅਦਾਲਤ ਵਿੱਚ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ। ਉਨਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।

Story You May Like