The Summer News
×
Sunday, 19 May 2024

ਧੋਲਾਧਾਰ ਦੀਆਂ ਪਹਾੜੀਆਂ ਵਿਚ ਸਥਿਤ ਧਰਮਸ਼ਾਲਾ ਵਿਖੇ ਭਾਸ਼ਾ ਵਿਭਾਗ ਵਲੋਂ ਦੋ ਰੋਜ਼ਾ ਸਾਹਿਤਕ ਅਤੇ ਸਭਿਆਚਾਰਕ ਸਮਾਗਮ ਦੀ ਪੇਸ਼ਕਾਰੀ

ਪਟਿਆਲਾ, 16 ਜੂਨ: ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ਪੰਜਾਬ ਤੋਂ ਬਾਹਰ ਵੱਸਦੇ ਪੰਜਾਬੀਆਂ ਨੂੰ ਉਨ੍ਹਾਂ ਦੀ ਮਾਂ ਬੋਲੀ ਸਾਹਿਤਕ ਅਤੇ ਸਭਿਆਚਾਰਕ ਵਿਰਸੇ ਨਾਲ ਜੋੜਨ ਲਈ 31ਵਾਂ ਸਾਹਿਤਕ ਅਤੇ ਸਭਿਆਚਾਰਕ ਸਮਾਗਮ ਸਰਕਾਰੀ ਕਾਲਜ ਧਰਮਸ਼ਾਲਾ ਵਿਖੇ ਅਯੋਜਿਤ ਕੀਤਾ ਗਿਆ। ਇਸ ਦੋ ਰੋਜ਼ਾ ਸਮਾਗਮ ਵਿਚ ਪਹਿਲੇ ਦਿਨ ਸਰਕਾਰੀ ਕਾਲਜ ਧਰਮਸ਼ਾਲਾ, ਹਿਮਾਚਲ ਪ੍ਰਦੇਸ਼ ਦੇ ਸੈਮੀਨਾਰ ਹਾਲ ਵਿਚ ਸਾਹਿਤਕ ਗੋਸ਼ਟੀ ਅਤੇ ਦੂਜੇ ਸੈਸ਼ਨ ਵਿਚ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਦੂਜੇ ਦਿਨ ਸੱਭਿਆਚਾਰਕ ਸ਼ਾਮ ਦਾ ਆਯੋਜਨ ਸਰਕਾਰੀ ਕਾਲਜ ਦੇ ਆਡੀਟੋਰੀਅਮ ਵਿਚ ਕੀਤਾ ਗਿਆ ਜਿਸ ਵਿਚ ਪੰਜਾਬ ਦੇ ਉੱਘੇ ਸੂਫ਼ੀ ਗਾਇਕ ਕੰਵਰ ਗਰੇਵਾਲ ਵੱਲੋਂ ਸਰੋਤਿਆਂ ਦਾ ਮਨੋਰੰਜਨ ਕੀਤਾ ਗਿਆ।


ਪਹਿਲੇ ਦਿਨ ਸਾਹਿਤਕ ਗੋਸ਼ਟੀ ਦੀ ਸ਼ੁਰੂਆਤ ਕਰਦਿਆਂ ਡਾ. ਵੀਰਪਾਲ ਕੌਰ, ਸੰਯੁਕਤ ਡਾਇਰੈਕਟਰ, ਭਾਸ਼ਾ ਵਿਭਾਗ ਵੱਲੋਂ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਸਾਹਿਤਕਾਰਾਂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਹਿਤਕਾਰ, ਬੁੱਧੀਜੀਵੀਆਂ ਅਤੇ ਖੋਜਾਰਥੀਆਂ ਨੂੰ ਜੀ ਆਇਆਂ ਆਖਦਿਆਂ ਜਿੱਥੇ ਵਿਭਾਗੀ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਉਥੇ ਵਿਭਾਗ ਵੱਲੋਂ ਪੰਜਾਬ ਤੋਂ ਬਾਹਰ ਵੱਸਦੇ ਪੰਜਾਬੀਆਂ ਨੂੰ ਆਪਣੇ ਸਾਹਿਤਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਮਸ਼ਾਲਾ ਵਿਚ ਹੋਣ ਵਾਲਾ ਇਹ 31ਵਾਂ ਸਮਾਗਮ ਹੈ। ਇਸ ਤੋਂ ਪਹਿਲਾਂ ਵਿਭਾਗ ਭਾਰਤ ਦੇ ਕੋਨੇ-ਕੋਨੇ ਵਿਚ ਸਮਾਗਮ ਕਰਵਾ ਚੁੱਕਾ ਹੈ।


ਸਾਹਿਤਕ ਗੋਸ਼ਟੀ ਵਿਚ ਮੁੱਖ ਵਕਤਾ ਵੱਲੋਂ ਬੋਲਦਿਆਂ ਡਾ. ਸਰਬਜੀਤ ਸਿੰਘ ਪ੍ਰੋਫੈਸਰ ਤੇ ਮੁਖੀ ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬੀ ਦੇ ਵਿਕਾਸ ਅਤੇ ਪੰਜਾਬੀ ਲਈ ਆ ਰਹੀਆਂ ਚੁਣੌਤੀਆਂ ਬਾਰੇ ਗੰਭੀਰ ਚਰਚਾ ਕੀਤੀ। ਉਨ੍ਹਾਂ ਸਾਂਝੇ ਪੰਜਾਬ ਭਾਵੇਂ ਉਹ 1966 ਤੋਂ ਪਹਿਲਾਂ ਵਾਲਾ ਪੰਜਾਬ ਹੋਵੇ ਜਾਂ ਉਹ ਮਹਾਰਾਜਾ ਰਣਜੀਤ ਸਿੰਘ ਵਾਲਾ ਪੰਜਾਬ ਹੋਵੇ ਬਾਰੇ ਪੰਜਾਬੀ ਦੀ ਦਸ਼ਾ ਅਤੇ ਦਿਸ਼ਾ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਅਤੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।


ਮੁੱਖ ਮਹਿਮਾਨ ਵਜੋਂ ਬੋਲਦਿਆਂ ਉੱਘੇ ਨਾਵਲਕਾਰ ਬਲਦੇਵ ਸੜਕਨਾਮਾ ਵੱਲੋਂ ਜਿੱਥੇ ਭਾਸ਼ਾ ਵਿਭਾਗ ਵੱਲੋਂ ਇਸ ਸਮਾਗਮ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਉਥੇ ਉਨ੍ਹਾਂ ਵਿਭਾਗ ਵੱਲੋਂ ਕਲਕੱਤੇ ਵਿਖੇ ਕਰਵਾਏ ਸਾਹਿਤਕ ਅਤੇ ਸੱਭਿਆਚਾਰਕ ਸਮਾਗਮ ਬਾਰੇ ਆਪਣੀਆਂ ਪੁਰਾਣੀਆਂ ਯਾਦਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅਜੋਕੀ ਪੀੜ੍ਹੀ ਆਪਣੇ ਵਿਰਸੇ ਨਾਲੋਂ ਟੁੱਟ ਰਹੀ ਹੈ, ਜਿਸ ਨੂੰ ਜੋੜਨ ਲਈ ਭਾਸ਼ਾ ਵਿਭਾਗ ਵਧੀਆ ਕਾਰਜ ਕਰ ਰਿਹਾ ਹੈ। ਆਪਣੇ ਪ੍ਰਧਾਨਗੀ ਭਾਸ਼ਣ ਵਿਚ ਵਿਚ ਬੋਲਦਿਆਂ ਸ਼੍ਰੋਮਣੀ ਪੰਜਾਬੀ ਕਵੀ ਗੁਰਭਜਨ ਗਿੱਲ ਜੀ ਨੇ ਕਿਹਾ ਕਿ ਲਹਿੰਦੇ ਅਤੇ ਚੜ੍ਹਦੇ ਪੰਜਾਬ ਵਿਚ ਵੱਸਦੇ ਪੰਜਾਬੀਆਂ ਨੇ ਮਾਂ ਬੋਲੀ ਪੰਜਾਬੀ ਦਾ ਪੂਰੇ ਸੰਸਾਰ ਵਿਚ ਨਾਂ ਉੱਚਾ ਕੀਤਾ ਹੈ।


ਪੰਜਾਬੀ ਸੰਗੀਤ ਦੀ ਪੂਰੀ ਦੁਨੀਆ ਵਿਚ ਤੂਤੀ ਗੂੰਜਦੀ ਹੈ ਅਤੇ ਉਨ੍ਹਾਂ ਸਮੁੱਚੇ ਪੰਜਾਬੀਆਂ ਨੂੰ ਆਪਣੀ ਬੋਲੀ ਅਤੇ ਵਿਰਸੇ ਨਾਲ ਜੋੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਸ਼ਾ ਵਿਭਾਗ ਦੇ ਇਸ ਉੱਦਮ ਸਦਕਾ ਲੋਕਾਂ ਵਿਚ ਚੇਤਨਾ ਪੈਦਾ ਹੋਵੇਗੀ ਅਤੇ ਉਨ੍ਹਾਂ ਅੱਗੇ ਦੱਸਿਆ ਕਿ ਭਾਸ਼ਾ ਵਿਭਾਗ ਦੁਆਰਾ ਛਾਪਿਆ ਗਿਆ ਸਾਹਿਤ ਇਕ ਅਨਮੋਲ ਖਜ਼ਾਨਾ ਹੈ ਜੋ ਹਰ ਪੰਜਾਬੀ ਦੇ ਹੱਥਾਂ ਵਿਚ ਪਹੁੰਚਣਾ ਚਾਹੀਦਾ ਹੈ। ਇਸ ਮੌਕੇ ਤੇ ਬੋਲਦਿਆਂ ਧਰਮਸ਼ਾਲਾ ਦੇ ਉੱਘੇ ਸਮਾਜਸੇਵੀ ਪਰਮਿੰਦਰ ਸਿੰਘ ਨੇ ਹਿਮਾਚਲ ਪ੍ਰਦੇਸ਼ ਵਿਚ ਵੱਸਦੇ ਪੰਜਾਬੀਆਂ ਦੀ ਜੀਵਨਸ਼ੈਲੀ ਅਤੇ ਸੱਭਿਆਚਾਰ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਸਮਾਗਮ ਉਨ੍ਹਾਂ ਨੂੰ ਵਿਰਸੇ ਨਾਲ ਜੋੜਨ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।


ਇਸ ਸਮਾਗਮ ਵਿਚ ਬੋਲਦਿਆਂ ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਨੇ ਭਾਸ਼ਾ ਵਿਭਾਗ ਵੱਲੋਂ ਜਿੱਥੇ ਦੋ ਦਿਨਾਂ ਸਮਾਗਮ ਦੀ ਰੂਪ ਰੇਖਾ ਬਾਰੇ ਚਾਨਣਾ ਪਾਇਆ ਉਥੇ ਉਨ੍ਹਾਂ ਦੱਸਿਆ ਕਿ ਧਰਮਸ਼ਾਲਾ ਵਿਖੇ ਹੋਣ ਵਾਲੇ ਇਸ ਸਮਾਗਮ ਦਾ ਮੁੱਖ ਮੰਤਵ ਪੰਜਾਬੀ ਦੀਆਂ ਉਕਤ ਉਪ-ਭਾਸ਼ਾਵਾਂ ਕਾਂਗੜੀ, ਡੋਗਰੀ ਨੂੰ ਪੰਜਾਬੀ ਕੋਸ਼ਾਂ ਦਾ ਸ਼ਿੰਗਾਰ ਬਣਾ ਕੇ ਪੰਜਾਬੀਆਂ ਨੂੰ ਉਨ੍ਹਾਂ ਦੀਆਂ ਪੁਰਾਣੀਆਂ ਵਿਰਾਸਤੀ ਸਾਂਝਾਂ ਨਾਲ ਜੋੜਨਾ ਹੈ। ਉਨ੍ਹਾਂ ਸਮੁੱਚੇ ਕਾਂਗੜਾ ਵਾਸੀਆਂ ਨੂੰ ਆਉਣ ਵਾਲੇ ਦੋ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ।


ਸਮਾਗਮ ਦੇ ਦੂਜੇ ਸੈਸ਼ਨ ਵਿਚ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਨਾਮਵਾਰ ਸ਼ਾਇਰਾਂ ਵੱਲੋਂ ਕਵੀ ਦਰਬਾਰ ਪੇਸ਼ ਕੀਤਾ ਗਿਆ। ਇਸ ਸਮਾਗਮ ਵਿਚ ਸੁਲੱਖਣ ਸਰਹੱਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦੇ ਹੋਏ ਉਨ੍ਹਾਂ ਪੰਜਾਬੀ ਗ਼ਜ਼ਲ ਅਤੇ ਕਵਿਤਾ ਬਾਰੇ ਵਡਮੁੱਲੇ ਵਿਚਾਰ ਪੇਸ਼ ਕੀਤੇ । ਭਾਸ਼ਾ ਵਿਭਾਗ ਨਾਲ ਜੁੜੀਆਂ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜਾ ਕੀਤਾ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸ਼੍ਰੋਮਣੀ ਕਵੀ ਸੁਰਜੀਤ ਜੱਜ ਵੱਲੋਂ ਆਪਣੀਆਂ ਕਵਿਤਾਵਾਂ ਨਾਲ ਹਾਜਰੀ ਲਗਵਾਈ ਗਈ ਅਤੇ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।


ਸ਼੍ਰੋਮਣੀ ਕਵੀ ਡਾ. ਦਰਸ਼ਨ ਬੁੱਟਰ ਵੱਲੋਂ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਅਜੋਕੀ ਪੰਜਾਬੀ ਕਵਿਤਾ ਦਾ ਦਾਇਰਾ ਬਹੁਤ ਵਿਸ਼ਾਲ ਹੋ ਚੁੱਕਾ ਹੈ। ਇਹ ਪੰਜਾਬ ਦੀਆਂ ਹੱਦਾਂ ਨੂੰ ਪਾਰ ਕਰਦੇ ਹੋਏ ਅੰਤਰਰਾਸ਼ਟਰੀ ਪੱਧਰ ਤੇ ਆਪਣਾ ਨਾਮ ਬਣਾ ਚੁੱਕੀ ਹੈ ਅਤੇ ਪੰਜਾਬੀਆਂ ਨੇ ਆਪਣੀ ਬੋਲੀ ਅਤੇ ਅਮੀਰ ਵਿਰਸੇ ਨਾਲ ਪੂਰੇ ਸੰਸਾਰ ਵਿਚ ਆਪਣਾ ਲੋਹਾ ਮੰਨਵਾਇਆ ਹੈ ਅਤੇ ਕਵਿਤਾ ਦੇ ਰੂਪ ਵਿਚ ਪ੍ਰਧਾਨਗੀ ਭਾਸ਼ਣ ਦਾ ਅੰਤ ਕੀਤਾ। ਇਸ ਸਮਾਗਮ ਵਿਚ ਪੰਜਾਬ ਤੋਂ ਉੱਘੇ ਕਵੀ ਤ੍ਰਲੋਚਨ ਲੋਚੀ, ਗੁਰਤੇਜ ਕੁਹਾਰਵਾਲਾ, ਮਨਜਿੰਦਰ ਧਨੋਆ, ਡਾ. ਵਿਸ਼ਾਲ, ਹਰਮੀਤ ਆਰਟਿਸਟ, ਕੁਲਵਿੰਦਰ ਬੱਛੋਆਣਾ, ਵਾਹਿਦ, ਸਤਪਾਲ ਭੀਖੀ, ਬਖ਼ਤਾਵਰ ਧਾਲੀਵਾਲ, ਤਰਸੇਮ ਬਰਨਾਲਾ, ਗੁਰਚਰਨ ਪੱਬਾਰਾਲੀ, ਰਾਮਦਿਆਲ ਸੇਖੋਂ, ਸਰਬਜੀਤ ਸਮਾਲਸਰ, ਸੁਰਿੰਦਰਜੀਤ ਚੌਹਾਨ ਅਤੇ ਡਾ. ਕੁਲਦੀਪ ਦੀਪ ਤੋਂ ਇਲਾਵਾ ਹਿਮਚਾਲ ਪ੍ਰਦੇਸ਼ ਦੇ ਨਾਮੀਂ ਕਵੀਆਂ ਨੇ ਆਪਣੀਆਂ ਕਵਿਤਾਵਾਂ ਪੜ੍ਹੀਆਂ।


ਸਮਾਗਮ ਵਿਚ ਪੰਜਾਬ ਭਰ ਤੋਂ 80 ਦੇ ਕਰੀਬ ਡੈਲੀਗੇਟ ਜਿਨ੍ਹਾਂ ਵਿਚ ਉੱਘੇ ਸਾਹਿਤਕਾਰ, ਵਿਦਵਾਨ, ਬੁੱਧੀਜੀਵੀ ਸ਼ਾਮਲ ਹੋਏ।  ਸਾਹਿਤਕ ਅਤੇ ਸੱਭਿਆਚਾਰਕ ਸਮਾਗਮ ਦੇ ਦੂਜੇ ਦਿਨ ਸੰਗੀਤਮਈ ਸ਼ਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪੰਜਾਬੀ ਦੇ ਸੂਫ਼ੀ ਗਾਇਕ ਕੰਵਰ ਗਰੇਵਾਲ ਵੱਲੋਂ ਸਰਕਾਰੀ ਕਾਲਜ ਦੇ ਆਡੀਟੋਰੀਅਮ ਵਿਚ ਸਰੋਤਿਆਂ ਦਾ ਮਨੋਰੰਜਨ ਕੀਤਾ ਗਿਆ। 1300 ਵਿਅਕਤੀਆਂ ਦੀ ਸਮਰੱਥਾ ਵਾਲੇ ਹਾਲ ਵਿਚ ਸਥਾਨਕ ਲੋਕਾਂ ਅਤੇ ਵਿਦਿਆਰਥੀਆਂ ਦੇ ਹਜੂਮ ਵੱਲੋਂ ਸਾਹ ਸੂਤ ਕੇ ਪ੍ਰੋਗਰਾਮ ਦਾ ਅਨੰਦ ਮਾਣਿਆ ਗਿਆ। ਪੰਜਾਬੀ ਲੋਕਧਾਰਾ ਦੇ ਉੱਘੇ ਵਿਗਿਆਨੀ ਹਰਦਿਆਲ ਥੂਹੀ ਨੇ ਪੰਜਾਬੀ ਗਾਇਕੀ ਦੇ ਸਫ਼ਰ ਬਾਰੇ ਚਾਨਣਾ ਪਾਇਆ। ਇਸ ਸਮਾਗਮ ਵਿਚ ਕੈਪਟਨ ਬੀ.ਐਨ. ਪਠਾਣੀਆਂ ਆਈ.ਏ.ਐੱਸ. ਚੇਅਰਮੈਨ ਐਗਰੋਫੈਡ, ਹਿਮਾਚਲ ਪ੍ਰਦੇਸ਼ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦੋਵਾਂ ਰਾਜਾਂ ਦੀ ਵਿਰਾਸਤੀ ਸਾਂਝ ਪੈਦਾ ਕਰਨ ਲਈ ਭਾਸ਼ਾ ਵਿਭਾਗ ਵੱਲੋਂ ਕੀਤੇ ਉਪਰਾਲੇ ਦੀ ਸ਼ਾਲਾਘਾ ਕੀਤੀ।


ਇਸ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਨਰਿੰਦਰ ਅਵਸਥੀ ਸਾਬਕਾ ਪ੍ਰਿੰਸੀਪਲ ਸਰਕਾਰੀ ਕਾਲਜ ਧਰਮਸ਼ਾਲਾ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਸਤਨਾਮ ਸਿੰਘ, ਸਹਾਇਕ ਡਾਇਰਰੈਕਟਰ, ਭਾਸ਼ਾ ਵਿਭਾਗ ਵੱਲੋਂ ਧਰਮਸ਼ਾਲਾ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵੱਲੋਂ ਇਸ ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਦਿੱਤੇ ਸਹਿਯੋਗ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ ਗਿਆ। ਡਾ. ਵੀਰਪਾਲ ਕੌਰ, ਸੰਯੁਕਤ ਡਾਇਰੈਕਟਰ, ਭਾਸ਼ਾ ਵਿਭਾਗ ਵੱਲੋਂ ਉਤਸ਼ਾਹ ਵਿਚ ਆਏ ਸ੍ਰੋਤਿਆਂ ਦਾ ਨਿੱਘਾ ਸੁਆਗਤ ਕੀਤਾ ਗਿਆ ਅਤੇ ਸ੍ਰੀਮਤੀ ਹਰਪ੍ਰੀਤ ਕੌਰ, ਡਿਪਟੀ ਡਾਇਰੈਕਟਰ, ਭਾਸ਼ਾ ਵਿਭਾਗ ਵੱਲੋਂ ਧੰਨਵਾਦੀ ਸ਼ਬਦ ਕਹੇ ਗਏ। ਡਾ. ਮਨਜਿੰਦਰ ਸਿੰਘ, ਖੋਜ ਅਫਸਰ ਵਲੋਂ ਮੰਚ ਦਾ ਸੰਚਾਲਨ ਕੀਤਾ ਗਿਆ। 

Story You May Like