The Summer News
×
Monday, 20 May 2024

ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਹੋਵੇਗੀ ਸਖਤ ਕਾਰਵਾਈ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 08 ਮਈ:ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨੀ ਪਾਣੀ ਦੀ ਮਹੱਤਤਾ, ਜ਼ਮੀਨ ਦੀ ਸਿਹਤ ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ., ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਦੱਸਿਆ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਜ਼ਮੀਨ ਦੀ ਸਿਹਤ ਉੱਪਰ ਮਾੜਾ ਪ੍ਰਭਾਵ ਪੈਂਦਾ ਹੈ, ਜ਼ਮੀਨ ਵਿੱਚ ਮੌਜੂਦ ਜਰੂਰੀ ਪੌਸ਼ਿਕ ਤੱਤ ਨਸ਼ਟ ਹੁੰਦੇ ਹਨ ਅਤੇ ਫਸਲਾਂ ਲਈ ਜਰੂਰੀ ਮਿੱਤਰ ਕੀੜਿਆਂ ਦਾ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਹਾਦਸਿਆ ਕਾਰਨ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਮੁਕੰਮਲ ਹੋ ਚੁੱਕੀ ਹੈ ਅਤੇ ਕਿਸਾਨਾਂ ਵੱਲੋ ਤੂੜੀ ਬਣਾਈ ਜਾ ਰਹੀ ਹੈ, ਖੇਤ ਵਿੱਚੋਂ ਤੂੜੀ ਬਣਾਉਣ ਉਪਰੰਤ ਬਹੁਤ ਘੱਟ ਮਾਤਰਾ ਵਿੱਚ ਰਹਿੰਦ ਖੁੰਹਦ ਬਚਦੀ ਹੈ, ਜਿਸ ਨੂੰ ਬੜੀ ਆਸਾਨੀ ਨਾਲ ਜ਼ਮੀਨ ਵਿੱਚ ਮਿਲਾ ਕੇ ਅਗਲੀ ਬੀਜੀ ਜਾਣ ਵਾਲੀ ਫਸਲ ਲਈ ਖੇਤ ਤਿਆਰ ਕੀਤਾ ਜਾ ਸਕਦਾ ਹੈ। ਫ਼ਸਲ ਦੀ ਬਚੀ ਹੋਈ ਰਹਿੰਦ-ਖੁੰਹਦ ਵਿੱਚ ਲੋੜੀਂਦੇ ਤੱਤ ਭਰਪੂਰ ਮਾਤਰਾ ਵਿੱਚ ਹੁੰਦੇ ਹਨ, ਜਿਸ ਨੂੰ ਜ਼ਮੀਨ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਜੈਵਿਕ ਮਾਦੇ ਵਿੱਚ ਵੀ ਵਾਧਾ ਹੁੰਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਵੱਲੋ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ, ਕਿਸਾਨਾਂ ਵੱਲੋ ਬਚੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਦੇ ਹੋਏ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਵੱਧ ਤੋ ਵੱਧ ਪ੍ਰੇਰਿਤ ਕੀਤਾ ਜਾਵੇ। ਅੰਤ ਵਿੱਚ ਉਨ੍ਹਾਂ ਵੱਲੋ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੁੰਹਦ ਨੂੰ ਅੱਗ ਨਾ ਲਗਾਉਣ, ਸਗੋਂ ਵਾਤਾਵਰਨ ਸੰਭਾਲ ਪ੍ਰੇਮੀ ਬਣ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਣਮੁੱਲੇ ਸਰੋਤਾਂ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ।

Story You May Like