The Summer News
×
Friday, 07 June 2024

ਆਉਂਦੇ ਸੀਜਨ 'ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਚੁੱਕੇ ਜਾਣ ਸਖ਼ਤ ਕਦਮ:ਸਾਕਸ਼ੀ ਸਾਹਨੀ

ਪਟਿਆਲਾ, 20 ਜੂਨ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਖੇਤਾਂ ਦੀ ਰਹਿੰਦ-ਖੂੰਹਦ ਖਾਸ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਅਗੇਤੇ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਅਗਲੇ ਸੀਜਨ ਵਿੱਚ ਖੇਤਾਂ ਵਿੱਚ ਅੱਗ ਲੱਗਣ ਨੂੰ ਇਸ ਵਾਰ ਤੋਂ 50 ਫ਼ੀਸਦੀ ਤੋਂ ਵੀ ਵੱਧ ਘਟਾਇਆ ਜਾ ਸਕੇ। ਅੱਜ ਇੱਥੇ ਪਰਾਲੀ ਨੂੰ ਅੱਗ ਬਾਬਤ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਦਿਹਾਤੀ ਵਿਕਾਸ ਤੇ ਪੰਚਾਇਤ, ਸਹਿਕਾਰਤਾ ਵਿਭਾਗ ਅਤੇ ਹੋਰਨਾਂ ਸਬੰਧਤਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਨਵੀਨਤਮ ਤਕਨੀਕਾਂ ਤੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤੇ ਇਸ ਕੰਮ ਲਈ ਹੋਰਨਾਂ ਸੰਸਥਾਂਵਾਂ ਤੋਂ ਵੀ ਸਹਿਯੋਗ ਲਿਆ ਜਾਵੇ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਇਨ-ਸੀਟੂ ਪ੍ਰਬੰਧਾਂ ਲਈ ਪਰਾਲੀ ਦੀ ਸਾਂਭ ਸੰਭਾਲ ਵਾਸਤੇ ਸੁਪਰ ਐਸ.ਐਮ.ਐਸ., ਬੇਲਰ, ਹੈਪੀ ਸੀਡਰ, ਸੁਪਰਸੀਡਰ, ਉਲਟਾਵੇਂ ਹੱਲ, ਰੈਕ, ਪੈਡੀ ਸਟਰਾਅ ਚੌਪਰ, ਮਲਚਰ, ਜੀਰੋ ਟਿਲ, ਸਮਾਰਟ ਸੀਡਰ, ਕਰਾਪ ਰੀਪਰ ਆਦਿ ਉਪਰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ, ਇਸ ਲਈ ਕਿਸਾਨ ਜਰੂਰ ਅਪਲਾਈ ਕਰਨ। ਇਸ ਤੋਂ ਇਲਾਵਾ ਪਰਾਲੀ ਨੂੰ ਖੇਤਾਂ ਤੋਂ ਬਾਹਰ ਸੰਭਾਲਣ ਲਈ ਐਕਸਸੀਟੂ ਪ੍ਰਬੰਧਾਂ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ 50 ਮੀਟ੍ਰਿਕ ਟਨ ਤੇ 30 ਮੀਟ੍ਰਿਕ ਦੀ ਸਮਰੱਥਾ ਵਾਲੀਆ ਫੈਕਟਰੀਆਂ ਲੱਗ ਰਹੀਆਂ ਹਨ, ਜਿਨ੍ਹਾਂ ਰਾਹੀਂ ਸਮਾਣਾ ਤੇ ਪਾਤੜਾਂ ਇਲਾਕੇ 'ਚ ਕਿਸਾਨਾਂ ਦੀ ਪਰਾਲੀ ਸੰਭਾਲੀ ਜਾਵੇਗੀ। ਇਸ ਦੇ ਨਾਲ ਹੀ ਭੱਠਿਆਂ 'ਚ ਪਰਾਲੀ ਦੀ ਬਾਲਣ ਵਜੋਂ ਵਰਤੋਂ ਤੇ ਮੈਣ ਫੈਕਟਰੀ 'ਚ ਬੁਲਾਇਲਰ ਵਿੱਚ ਪਰਾਲੀ ਦੀ ਵਰਤੋਂ 'ਤੇ ਵੀ ਵਿਚਾਰ ਕੀਤਾ ਗਿਆ।


ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਗ੍ਰਾਮ ਪੰਚਾਇਤਾਂ ਤੇ ਸਹਿਕਾਰੀ ਸਭਾਵਾਂ ਵੱਲੋਂ ਮਸ਼ੀਨਰੀ ਦੀ ਖਰੀਦ ਕਰਨ, ਅੱਗ ਲੱਗਣ ਵਾਲੇ ਹਾਟ ਸਪਾਟ ਪਿੰਡਾਂ 'ਤੇ ਤਿੱਖੀ ਨਜ਼ਰ ਰੱਖਣ, ਪਿੰਡ ਪੱਧਰ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲਗਾਏ ਅਮਲੇ ਨੂੰ ਚੌਕਸ ਕਰਨ, ਅੱਗ ਲੱਗਣ 'ਤੇ ਵਾਤਾਵਰਨ ਮੁਆਵਜਾ ਇਕੱਤਰ ਕਰਨ ਉਪਰ ਜ਼ੋਰ ਦੇਣ ਤੋਂ ਇਲਾਵਾ ਆਈ ਖੇਤ ਐਪ ਤੇ ਮਸ਼ੀਨਰੀ ਮੈਪਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਸਰਬੇਸ਼ਵਰ ਸਿੰਘ ਮੋਹੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰੋਹਿਤ ਸਿੰਗਲਾ, ਖੇਤੀਬਾੜੀ ਅਫ਼ਸਰ ਰਵਿੰਦਰ ਪਾਲ ਸਿੰਘ ਚੱਠਾ ਅਤੇ ਹੋਰ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।

Story You May Like