The Summer News
×
Monday, 20 May 2024

ਖੇਤੀਬਾੜੀ ਵਿਭਾਗ ਨੇ ਬਲਾਕ ਸਨੌਰ ਦੇ ਪਿੰਡਾਂ 'ਚ ਪਰਾਲੀ ਪ੍ਰਬੰਧਨ ਲਈ ਲਗਾਏ ਕੈਂਪ : ਡਾ. ਗੁਰਦੇਵ ਸਿੰਘ

ਪਟਿਆਲਾ, 27 ਸਤੰਬਰ: ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਦੀਆਂ ਹਦਾਇਤਾਂ ਹੇਠ ਪਿੰਡ ਬੋਸਰਕਲਾਂ ਸਰਕਲ ਸਨੌਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਅਤੇ ਝੋਨੇ ਦੀ ਕਾਸ਼ਤ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ।


ਜਾਗਰੂਕਤਾ ਕੈਂਪਾਂ ਦੌਰਾਨ ਖੇਤੀਬਾੜੀ ਵਿਸਥਾਰ ਅਫ਼ਸਰ ਰਜਿੰਦਰ ਕੁਮਾਰ ਨੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਅਤੇ ਝੋਨੇ ਦੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਖੇਤੀਬਾੜੀ ਵਿਭਾਗ ਦੇ ਬੀ.ਟੀ.ਐਮ ਨੇਹਾ ਕਥੂਰੀਆ ਨੇ ਕਿਸਾਨਾਂ ਨੂੰ ਪੀ.ਐਮ. ਨਿਧੀ ਸਕੀਮ ਤਹਿਤ ਈ.ਕੇ.ਵਾਈ.ਸੀ. ਅਤੇ ਅਪਲਾਈ ਕਰਨ ਸਬੰਧੀ ਜਾਣਕਾਰੀ ਦਿੱਤੀ। ਕੈਂਪ ਵਿਚ ਬੋਸਰਕਲਾਂ, ਜੋਗੀਪੁਰ, ਪੂਨੀਆਂ ਜੱਟਾਂ ਅਤੇ ਬੁੱਢਣਪੁਰ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।


ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਗਾਂਹਵਧੂ ਕਿਸਾਨ ਗੁਰਵੀਰ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਦਾ ਤਜਰਬਾ ਸਾਂਝਾ ਕਰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ, ਉਥੇ ਹੀ ਅਗਲੀ ਫਸਲ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ। ਗੁਰਵੀਰ ਸਿੰਘ ਨੇ ਕਿਸਾਨਾਂ ਨੂੰ ਨਵੀਂਆਂ ਤਕਨੀਕਾਂ ਵਰਤ ਕੇ ਪਰਾਲੀ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ। ਕੈਂਪ ਵਿਚ ਸਰਵਨ ਸਿੰਘ, ਸੈਕਟਰੀ ਜਸਪਾਲ ਸਿੰਘ, ਸਤਨਾਮ ਸਿੰਘ, ਲਾਭ ਸਿੰਘ ਜੋਗੀ ਸਮੇਤ ਖੇਤੀਬਾੜੀ ਵਿਭਾਗ ਦੇ ਖੇਤੀਬਾੜੀ ਉਪ ਨਿਰੀਖਕ ਅਮਰਨਾਥ ਹਾਜ਼ਰ ਸਨ।

Story You May Like