ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ ਨੂੰ ਪਾਣੀ ਜਮ੍ਹਾ ਕਰਨ ਵਾਲੇ ਪਾਣੀ ਦੇ ਸਰੋਤਾਂ ਨੂੰ ਖਾਲੀ ਕਰਕੇ ਮਨਾਇਆ ਜਾਵੇ ਡਰਾਈ ਡੇ : ਡਾ. ਵਰੁਣ ਵਰਮਾ
ਸ੍ਰੀ ਮੁਕਤਸਰ ਸਾਹਿਬ 23 ਜੂਨ : ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸਦੇ ਤਹਿਤ ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਅਤੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ।
ਸਿਹਤ ਵਿਭਾਗ ਵਲੋਂ ਅੱਜ ਸ਼ੁੱਕਰਵਾਰ ਨੂੰ ਡਰਾਈ ਡੇ ਤੌਰ ਤੇ ਮਨਾਇਆ ਗਿਆ, ਜਿਸ ਅਧੀਨ ਸਿਹਤ ਵਿਭਾਗ ਦੀਆ ਟੀਮਾਂ ਵਲੋਂ ਰੇਲਵੇ ਰੋਡ, ਬੂੜਾ ਗੁੱਜਰ ਰੋਡ, ਮੁਕਤਸਰ ਗੈਸ ਸੈਂਟਰ ਅਤੇ ਨਾਲ ਲੱਗਦੀਆਂ ਗਲੀਆਂ, ਗਿਰਧਰ ਇਨਕਲੇਵ ਆਦਿ ਵਿਖੇ ਪਾਣੀ ਦੇ ਜਮ੍ਹਾ ਕਰਨ ਵਾਲੇ ਸਰੋਤਾਂ ਨੂੰ ਚੈੱਕ ਕਰਕੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਪਾਣੀ ਦੇ ਸਰੋਤਾਂ ਨੂੰ ਹਰ ਹਫਤੇ ਸ਼ੁੱਕਰਵਾਰ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ ਘਰ ਜਾ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੁਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਉਨ੍ਹਾ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ।
ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਹਰ ਹਫਤੇ ਇਕ ਵਾਰ ਖਾਲੀ ਕਰਕੇ ਸੁਕਾਉਣਾ ਚਾਹੀਦਾ ਹੈ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋਵੇ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।
ਇਸ ਸਮੇਂ ਲਾਲ ਚੰਦ ਅਤੇ ਭਗਵਾਨ ਦਾਸ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।