The Summer News
×
Sunday, 12 May 2024

‘ਅਗਨੀਪੱਥ ਸਕੀਮ’ ਦੀ ਮੁਖਾਲਫ਼ਤ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਲਿਆਵਾਂਗੇ – ਮੁੱਖ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦੀ ਮੁਖਾਲਫ਼ਤ ਕਰਨ ਲਈ ਸੂਬਾ ਸਰਕਾਰ ਛੇਤੀ ਹੀ ਵਿਧਾਨ ਸਭਾ ਵਿੱਚ ਮਤਾ ਲਿਆਵੇਗੀ। ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਅਗਨੀਪੱਥ ਸਕੀਮ ਐਨ.ਡੀ.ਏ ਸਰਕਾਰ ਦਾ ਤਰਕਹੀਣ ਅਤੇ ਅਣਉਚਿਤ ਕਦਮ ਹੈ ਜੋ ਭਾਰਤੀ ਫੌਜ ਦੇ ਮੁਢਲੇ ਸਰੂਪ ਨੂੰ ਤਬਾਹ ਕਰ ਦੇਵੇਗਾ।”


ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਏ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਇਹ ਇਕ ਹੋਰ ਨਿਰਆਧਾਰ ਕਦਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਛੱਡ ਕੇ ਕਿਸੇ ਨੇ ਵੀ ਨੋਟਬੰਦੀ, ਜੀ.ਐਸ.ਟੀ., ਖੇਤੀ ਕਾਨੂੰਨਾਂ ਆਦਿ ਵਰਗੀਆਂ ਸਕੀਮਾਂ ਦੇ ਗੁਣਾਂ ਨੂੰ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ‘ਅਗਨੀਪੱਥ’ ਵੀ ਅਜਿਹਾ ਬੇਬੁਨਿਆਦ ਕਦਮ ਹੈ, ਜਿਸ ਨੂੰ ਕੋਈ ਵੀ ਸਮਝ ਨਹੀਂ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਅਤੇ ਨਾ-ਮੰਨਣਯੋਗ ਹੈ ਕਿ ਇੱਕ ਨੌਜਵਾਨ 17 ਸਾਲ ਦੀ ਉਮਰ ਤੋਂ ਬਾਅਦ ਫੌਜ ਵਿੱਚ ਭਰਤੀ ਹੋ ਜਾਵੇਗਾ ਅਤੇ 21 ਸਾਲ ਦੀ ਉਮਰ ਵਿੱਚ ਸਿਰਫ਼ ਚਾਰ ਸਾਲ ਬਾਅਦ ਹੀ ਸੇਵਾ-ਮੁਕਤ ਹੋ ਜਾਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁਖਦਾਇਕ ਗੱਲ ਹੈ ਕਿ ਜੋ ਨੌਜਵਾਨ ਭਰ ਜਵਾਨੀ ਵਿੱਚ ਦੇਸ਼ ਦੀ ਸੇਵਾ ਕਰੇਗਾ, ਉਸ ਨੂੰ ਇਸ ਸੇਵਾ ਬਦਲੇ ਕੋਈ ਪੈਨਸ਼ਨ ਜਾਂ ਹੋਰ ਲਾਭ ਨਹੀਂ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਉਨ੍ਹਾਂ ਨੌਜਵਾਨਾਂ ਲਈ ਬਹੁਤ ਵੱਡਾ ਘਾਟਾ ਹੈ ਜੋ ਆਪਣੀ ਸਰੀਰਕ ਯੋਗਤਾ ਦੇ ਆਧਾਰ ‘ਤੇ ਹਥਿਆਰਬੰਦ ਸੈਨਾਵਾਂ ‘ਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ‘ਅਗਨੀਪੱਥ’ ਸਕੀਮ ਦੇਸ਼ ਦੀ ਤਰਸਯੋਗ ਸਥਿਤੀ ਨੂੰ ਬਿਆਨ ਕਰਦੀ ਹੈ ਕਿਉਂਕਿ ਕੇਂਦਰ ਦੀ ਸੱਤਾਧਾਰੀ ਪਾਰਟੀ ਲਾਪਰਵਾਹੀ ਢੰਗ ਨਾਲ ਆਪਣਾ ਕੰਮ ਬਿਨਾਂ ਸੋਚੇ ਸਮਝੇ ਕਰ ਰਹੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦੇ ਨੌਜਵਾਨਾਂ ਨਾਲ ਘੋਰ ਬੇਇਨਸਾਫੀ ਹੈ ਜੋ ਕਿਸੇ ਵੀ ਕੀਮਤ ‘ਤੇ ਸਹਿਣਯੋਗ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਦੇ ਇਸ ਬੇਹੂਦਾ ਕਦਮ ਦਾ ਡਟਵਾਂ ਵਿਰੋਧ ਕਰਦੀ ਹੈ ਅਤੇ ਇਸ ਦੇ ਵਿਰੋਧ ਦਾ ਮਤਾ ਬਹੁਤ ਜਲਦ ਲਿਆਂਦਾ ਜਾਵੇਗਾ। ਉਨ੍ਹਾਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਸ ਕਦਮ ਦਾ ਪੂਰੀ ਤਾਕਤ ਨਾਲ ਵਿਰੋਧ ਕਰਨ ਲਈ ਸਾਰੀਆਂ ਪਾਰਟੀਆਂ ਦੇ ਸਹਿਯੋਗ ਦੀ ਮੰਗ ਕੀਤੀ।


Story You May Like