The Summer News
×
Monday, 13 May 2024

ਕੀ ਅਸੀਂ ਦੀਵਾਲੀ 'ਤੇ ਚਲਾ ਸਕਾਂਗੇ ਪਟਾਕੇ? ਸੁਪਰੀਮ ਕੋਰਟ ਨੇ ਦਿੱਤਾ ਇਹ ਵੱਡਾ ਹੁਕਮ

ਨਵੀਂ ਦਿੱਲੀ : ਦੀਵਾਲੀ ਤੇ ਪਟਾਕੇ ਚਲਾਉਣ ਦਾ ਰੁਝਾਨ ਹੈ ਪਰ ਪਿਛਲੇ ਕੁਝ ਸਾਲਾਂ 'ਚ ਵਧਦੇ ਪ੍ਰਦੂਸ਼ਣ ਕਾਰਨ ਕਈ ਸੂਬਿਆਂ 'ਚ ਇਸ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਣ ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਟਾਕਿਆਂ ਤੇ ਪਾਬੰਦੀ ਨੂੰ ਲੈਕੇ ਵੱਡਾ ਹੁਕਮ ਦਿੱਤਾ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਪਟਾਕਿਆਂ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ ਸਾਰੇ ਰਾਜਾਂ ਵਿੱਚ ਲਾਗੂ ਹੋਣਗੇ। ਅਦਾਲਤ ਨੇ ਇਹ ਵੀ ਕਿਹਾ ਕਿ ਹਵਾ ਪ੍ਰਦੂਸ਼ਣ ਅਤੇ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਜ਼ਰੂਰੀ ਕਦਮ ਚੁੱਕਣਾ ਰਾਜ ਸਰਕਾਰਾਂ ਦੀ ਜ਼ਿੰਮੇਵਾਰੀ ਹੈ।


ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਦੀਵਾਲੀ 'ਤੇ ਪਟਾਕੇ ਚਲਾਉਣ ਦੇ ਨਿਯਮ ਵੱਖ-ਵੱਖ ਸੂਬਿਆਂ 'ਚ ਵੱਖ-ਵੱਖ ਹੋਣਗੇ। ਅਦਾਲਤ ਨੇ ਕਿਹਾ ਕਿ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਰਾਜ ਸਰਕਾਰ ਨੂੰ ਪਟਾਕਿਆਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਲੈਣਾ ਹੋਵੇਗਾ। ਭਾਵ, ਜਿਸ ਰਾਜ ਚ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ ਉੱਥੇ ਪਟਾਕੇ ਨਹੀਂ ਚਲਾਏ ਜਾ ਸਕਦੇ। ਜੇਕਰ ਕਿਸੇ ਵੀ ਸੂਬੇ ਚ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਹੈ ਤਾਂ ਉੱਥੇ ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ।


ਪਟਾਕਿਆਂ ਤੇ ਪਾਬੰਦੀ ਦੇ ਮਾਮਲੇ ਦੀ ਸੁਣਵਾਈ ਦੌਰਾਨ ਟਿੱਪਣੀ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਵਾਤਾਵਰਨ ਸੰਤੁਲਨ ਬਣਾਈ ਰੱਖਣਾ ਇਕੱਲੀ ਅਦਾਲਤ ਦੀ ਜ਼ਿੰਮੇਵਾਰੀ ਨਹੀਂ ਹੈ। ਲੋਕਾਂ ਨੂੰ ਵੀ ਗੰਭੀਰ ਹੋਣ ਦੀ ਲੋੜ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਅੱਜ ਕੱਲ੍ਹ ਬੱਚਿਆਂ ਨਾਲੋਂ ਬਾਲਗ ਜ਼ਿਆਦਾ ਪਟਾਕੇ ਫੂਕਦੇ ਹਨ ਇਸ ਲਈ ਲੋਕਾਂ ਨੂੰ ਵਾਤਾਵਰਨ ਬਾਰੇ ਸੋਚਣ ਦੀ ਲੋੜ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਾਰੇ ਰਾਜਾਂ ਦੀਆਂ ਸਰਕਾਰਾਂ ਨੂੰ ਹਵਾ ਪ੍ਰਦੂਸ਼ਣ ਅਤੇ ਆਵਾਜ਼ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

Story You May Like